ਗੜੇਮਾਰੀ ਦੀ ਮਾਰ ਝੱਲ ਰਹੇ ਕਿਸਾਨਾਂ ਲਈ ਖਹਿਰਾ ਨੇ ਕੀਤੀ ਮੁਆਵਜ਼ੇ ਦੀ ਮੰਗ

ਬੁਧਵਾਰ ਨੂੰ ਆਪਣੇ ਵਿਧਾਨ ਸਭਾ ਹਲਕੇ ਭੁਲੱਥ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਤੋਂ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫਸਲਾਂ ਤਬਾਹ ਹੋਣ ‘ਤੇ ਇਨ੍ਹਾਂ ਪ੍ਰਭਾਵਿਤ ਇਲਾਕਿਆਂ ਦੀ ਵਿਸ਼ੇਸ਼ ਗਿਰਦਾਵਰੀ ਕਰਣ ਜਾਂ ਕਿਸਾਨਾਂ ਨੂੰ 25000 ਰੁਪਏ ਪ੍ਰਤੀ ਏਕੜ ਦਾ ਮੂਆਵਜ਼ਾ ਦੇਣ ਦੀ ਮੰਗ ਕੀਤੀ ਹੈ।

ਇਸਤੋਂ ਇਲਾਵਾ ਉਨ੍ਹਾਂ ਨੇ ਇਸ ਪ੍ਰਕਿਰਿਆ ‘ਚ ਪਿੰਡਾਂ ਦੇ ਚੁਣੇ ਹੋਏ ਨੁਮਾਇੰਦੇਆਂ ਨੂੰ ਸ਼ਾਮਲ ਕਰਣ ਅਤੇ ਗਿਰਦਾਵਰੀ ਅਤੇ ਮੁਆਵਜ਼ਾ ਵੰਡਣ ਦੀ ਸਾਰੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਬਣਾਉਣ ਦੀ ਮੰਗ ਕੀਤੀ।

ਖਹਿਰਾ ਨੇ ਕਿਹਾ, ਇਹ ਬਹੁਤ ਹੀ ਦੁਖਦਾਈ ਹੈ ਕਿ ਹਲਕਾ ਭੁਲੱਥ ਦੇ ਕਿਸਾਨਾਂ ਨੂੰ ਹਰ ਸਾਲ ਭਾਰੀ ਬਾਰਿਸ਼ ਅਤੇ ਗੜੇਮਾਰੀ ਦੀ ਸਮੱਸਿਆ ਤੋਂ ਦੋ-ਚਾਰ ਹੋਣਾ ਪੈਂਦਾ ਹੈ ਪਰ ਅਜੇ ਤੱਕ ਕੋਈ ਵੀ ਸਰਕਾਰ ਪਾਣੀ ਦਾ ਢੁੱਕਵਾਂ ਨਿਕਾਸ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਨਹੀਂ ਕਰ ਸਕੀ ਜੋ ਕਿ ਬਹੁਤ ਹੀ ਨਿੰਦਣਯੋਗ ਹੈ। ਗੜੇਮਾਰੀ ਅਤੇ ਬਾਰਿਸ਼ ਕਾਰਨ ਕਿਸਾਨਾਂ ਦੇ ਹਲਾਤ ਤਰਸਯੋਗ ਹੋ ਗਏ ਹਨ।

ਆਪਣੇ ਬਿਆਨ ‘ਚ ਖਹਿਰਾ ਨੇ ਕਿਹਾ ਕਿ ਉਨ੍ਹਾਂ ਇਸ ਮਾਮਲੇ ਨੂੰ ਲੈ ਕੇ ਕਪੂਰਥਲਾ ਦੇ ਡਿਪਟੀ ਕਮੀਸ਼ਨਰ ਦਵਿੰਦਰਪਾਲ ਖਰਬੰਦਾ ਨਾਲ ਵੀ ਗੱਲ ਕੀਤੀ ਹੈ ਅਤੇ ਉਨ੍ਹਾਂ ਨੇ ਇਸ ਮਾਮਲੇ ‘ਚ ਜਲਦ ਹੀ ਗਿਰਦਾਵਰੀ ਕਰਣ ਦਾ ਭਰੋਸਾ ਦਿੱਤਾ ਹੈ।

ਦੱਸ ਦਈਏ ਕਿ ਹਲਕਾ ਭੁਲੱਥ ਦੇ ਕਈ ਪਿੰਡਾਂ ‘ਚ ਬਾਰਿਸ਼ ਦਾ ਪਾਣੀ ਖੜ੍ਹਾ ਹੋ ਗਿਆ ਹੈ ਅਤੇ ਇਸਦਾ ਢੁੱਕਵਾਂ ਨਿਕਾਸ ਨਾ ਹੋਣ ਕਾਰਨ ਕਿਸਾਨਾਂ ਦੀਆਂ ਫਸਲਾਂ ਲਗਭਗ ਤਬਾਹ ਹੋ ਚੁੱਕੀਆਂ ਹਨ।

Author: ElectionAdda